Rojana Hukamnama Gurudwara Moti Bagh Sahib Delhi – 8-10-25

ਸੋਰਠਿ ਮਹਲਾ ੫ ॥
ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ {ਪੰਨਾ 621-622}

ਅਰਥ: ਹੇ ਸੰਤ ਜਨੋ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ। (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ।੧।ਰਹਾਉ।

(ਹੇ ਸੰਤ ਜਨੋ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ। (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀ ਅੰਤਰ-ਆਤਮੇ ਟਿਕੇ ਰਹਿੰਦੇ ਹਾਂ। ਆਤਮਕ ਆਨੰਦ ਆਤਮਕ ਖ਼ੁਸ਼ੀਆਂ ਆਤਮਕ ਸੁਖ ਮਾਣ ਰਹੇ ਹਾਂ।੧।

(ਹੇ ਸੰਤ ਜਨੋ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ। ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ।

ਹੇ ਸੰਤ ਜਨੋ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫ਼ਤਿ-ਸਾਲਾਹ ਸਦਾ ਕਰਦੇ ਰਿਹਾ ਕਰੋ। ਹੇ ਭਾਈ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਥਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ।੩।

ਹੇ ਨਾਨਕ! ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਰੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ।੪।੩।੫੩।

ਸੋਰਠਿ ਮਹਲਾ ੯ ॥
ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632}

ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ। ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ।੧।ਰਹਾਉ।

ਹੇ ਭਾਈ! ਤੂੰ ਵਿਕਾਰਾਂ ਤੋਂ ਖ਼ਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੌੜ-ਭਜ ਕਰ ਰਿਹਾ ਹੈਂ। (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖ਼ਰ ਕਿਸੇ ਦਾ ਸਾਥ ਨਹੀਂ ਦਿੱਤਾ। ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ।੧।

ਹੇ ਭਾਈ! ਅਜੇ ਤਕ) ਨਾਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਹ ਗੁਰੂ ਦੀ ਸ਼ਰਨ ਪਿਆ ਹੈਂ, ਨਾਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ। ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ) ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ।੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਡੋਲਤਾ ਹਾਸਲ ਹੋ ਸਕੇ। ਹੇ ਨਾਨਕ! ਆਖ-ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ।੩।੩।

Leave a Reply

Your email address will not be published. Required fields are marked *

You may also like these