Rojana Hukamnama Gurudwara Moti Bagh Sahib Delhi – 16-8-25

ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ {ਪੰਨਾ 765-766}

ਅਰਥ: ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।

(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ) ।

ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।

ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ) । ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।

ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ।੨।

(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।

(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।

(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।੩।

(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ।੪।੧।੪।

ਰਾਗੁ ਸੂਹੀ ਛੰਤ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸੁਖ ਸੋਹਿਲੜਾ ਹਰਿ ਧਿਆਵਹੁ ॥ ਗੁਰਮੁਖਿ ਹਰਿ ਫਲੁ ਪਾਵਹੁ ॥ ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਕਾਰਜ ਸਭਿ ਸਵਾਰੇ ॥ ਹਰਿ ਪ੍ਰਭੁ ਕ੍ਰਿਪਾ ਕਰੇ ਹਰਿ ਜਾਪਹੁ ਸੁਖ ਫਲ ਹਰਿ ਜਨ ਪਾਵਹੁ ॥ ਨਾਨਕੁ ਕਹੈ ਸੁਣਹੁ ਜਨ ਭਾਈ ਸੁਖ ਸੋਹਿਲੜਾ ਹਰਿ ਧਿਆਵਹੁ ॥੧॥ ਸੁਣਿ ਹਰਿ ਗੁਣ ਭੀਨੇ ਸਹਜਿ ਸੁਭਾਏ ॥ ਗੁਰਮਤਿ ਸਹਜੇ ਨਾਮੁ ਧਿਆਏ ॥ ਜਿਨ ਕਉ ਧੁਰਿ ਲਿਖਿਆ ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥ {ਪੰਨਾ 768}

ਅਰਥ: ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ। ਗੁਰੂ ਦੀ ਸਰਨ ਪੈ ਕੇ (ਸਿਫ਼ਤਿ-ਸਾਲਾਹ ਦਾ ਗੀਤ ਗਾਇਆਂ) ਪਰਮਾਤਮਾ ਦੇ ਦਰ ਤੋਂ (ਇਸ ਦਾ) ਫਲ ਪ੍ਰਾਪਤ ਕਰੋਗੇ।

ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰੋ, (ਇਸ ਦਾ) ਫਲ ਹਾਸਲ ਕਰੋਗੇ, ਪਰਮਾਤਮਾ ਦਾ ਨਾਮ ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ। ਜਿਸ ਗੁਰੂ ਨੇ ਤੁਹਾਡੇ (ਲੋਕ ਪਰਲੋਕ ਦੇ) ਸਾਰੇ ਕੰਮ ਸਵਾਰ ਦਿੱਤੇ ਹਨ, ਉਸ ਆਪਣੇ ਗੁਰੂ ਤੋਂ ਸਦਕੇ ਜਾਵੋ।

ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ। ਹਰੀ-ਪ੍ਰਭੂ ਕਿਰਪਾ ਕਰੇਗਾ, (ਉਸ ਦੇ ਦਰ ਤੋਂ) ਆਤਮਕ ਆਨੰਦ ਦਾ ਫਲ ਪ੍ਰਾਪਤ ਕਰ ਲਵੋਗੇ। ਨਾਨਕ ਆਖਦਾ ਹੈ-ਹੇ ਭਾਈ ਜਨੋ! ਆਤਮਕ ਆਨੰਦ ਦੇਣ ਵਾਲਾ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਿਹਾ ਕਰੋ।੧।

ਅਰਥ: ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ। ਹੇ ਭਾਈ! ਤੂੰ ਭੀ ਗੁਰੂ ਦੀ ਮਤਿ ਉਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰ ਦੇ ਆਤਮਕ ਅਡੋਲਤਾ ਵਿਚ ਟਿਕ। ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜਦਾ ਹੈ ਉਹਨਾਂ ਨੂੰ ਗੁਰੂ ਮਿਲਦਾ ਹੈ (ਤੇ, ਨਾਮ ਦੀ ਬਰਕਤਿ ਨਾਲ) ਉਹਨਾਂ ਦਾ ਜਨਮ ਮਰਨ (ਦੇ ਗੇੜ) ਦਾ ਡਰ ਦੂਰ ਹੋ ਜਾਂਦਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਆਪਣੇ) ਹਿਰਦੇ ਵਿਚੋਂ ਮਾਇਆ ਵਲ ਲੈ ਜਾਣ ਵਾਲੀ ਖੋਟੀ ਮਤਿ ਦੂਰ ਕਰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜਦਾ ਹੈ।

ਹੇ ਭਾਈ! ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ। ਹੇ ਮਨ! ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਭਿੱਜ ਜਾਈਦਾ ਹੈ।੨।

ਅਰਥ: ਹੇ ਭਾਈ! ਜਗਤ ਵਿਚ ਪਰਮਾਤਮਾ ਦਾ ਨਾਮ ਹੀ (ਹਰੇਕ ਜੀਵ ਦਾ) ਪਾਰ-ਉਤਾਰਾ ਕਰਦਾ ਹੈ। ਜੇਹੜਾ ਮਨੁੱਖ ਗੁਰੂ ਪਾਸੋਂ ਨਵਾਂ ਆਤਮਕ ਜੀਵਨ ਲੈਂਦਾ ਹੈ, ਉਹ ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਨੂੰ (ਜਿਉਂ ਜਿਉਂ) ਵਿਚਾਰਦਾ ਹੈ ਤਿਉਂ ਤਿਉਂ) ਪਰਮਾਤਮਾ ਦਾ ਨਾਮ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਪਰ, ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹੀ ਮਨੁੱਖ (ਇਹ ਦਾਤਿ) ਪ੍ਰਾਪਤ ਕਰਦਾ ਹੈ।

ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਅਤੇ ਆਪਣੇ ਸਾਰੇ ਪਾਪ ਦੂਰ ਕਰ ਲੈਂਦਾ ਹੈ।

ਹੇ ਪ੍ਰਭੂ! ਹਰੇਕ ਜੀਵ ਤੇਰਾ (ਪੈਦਾ ਕੀਤਾ ਹੋਇਆ ਹੈ) , ਤੂੰ ਸਾਰੇ ਜੀਵਾਂ ਦਾ ਖਸਮ ਹੈਂ। ਹੇ ਪ੍ਰਭੂ! ਮੈਂ ਤੇਰਾ (ਸੇਵਕ) ਹਾਂ, ਤੂੰ ਸਾਡਾ ਮਾਲਕ ਹੈਂ (ਸਾਨੂੰ ਆਪਣਾ ਨਾਮ ਬਖ਼ਸ਼) । ਹੇ ਭਾਈ! ਸੰਸਾਰ ਵਿਚ ਪਰਮਾਤਮਾ ਦਾ ਨਾਮ (ਹੀ ਹਰੇਕ ਜੀਵ ਦਾ ਪਾਰ-ਉਤਾਰਾ ਕਰਦਾ ਹੈ।੩।

ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਵੱਸਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਮਾਇਆ ਵਲੋਂ ਉਹਨਾਂ ਨੂੰ ਸੰਤੋਖ ਆ ਜਾਂਦਾ ਹੈ, ਉਹ ਰੱਜ ਜਾਂਦੇ ਹਨ।

ਹੇ ਭਾਈ! ਜੇਹੜੀ ਜਿੰਦ ਸਦਾ ਪ੍ਰਭੂ ਦੇ ਗੁਣ ਗਾ ਗਾ ਕੇ (ਮਾਇਆ ਵਲੋਂ) ਤ੍ਰਿਪਤ ਹੋ ਜਾਂਦੀ ਹੈ, ਉਸ ਨੂੰ ਮੁੜ ਮਾਇਆ ਦੀ ਭੁੱਖ ਆ ਕੇ ਨਹੀਂ ਚੰਬੜਦੀ। ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਸ ਸੇਵਕ ਦੀ ਹਰ ਥਾਂ ਇੱਜ਼ਤ ਹੁੰਦੀ ਹੈ।

ਹੇ ਨਾਨਕ! ਪਰਮਾਤਮਾ ਆਪ ਹੀ (ਕਿਸੇ ਨੂੰ ਮਾਇਆ ਵਿਚ) ਜੋੜ ਕੇ (ਆਪਣੇ ਚਰਨਾਂ) ਨਾਲੋਂ ਵਿਛੋੜਦਾ ਹੈ। ਪਰਮਾਤਮਾ ਤੋਂ ਬਿਨਾ ਹੋਰ (ਐਸੀ ਸਮਰਥਾ ਵਾਲਾ) ਨਹੀਂ ਹੈ। (ਜਿਸ ਉਤੇ ਮੇਹਰ ਕਰਦੇ ਹਨ) ਉਸ ਦੇ ਹਿਰਦੇ-ਘਰ ਵਿਚ ਸੱਜਣ ਪ੍ਰਭੂ ਜੀ ਆ ਨਿਵਾਸ ਕਰਦੇ ਹਨ।੪।੧।

Leave a Reply

Your email address will not be published. Required fields are marked *

You may also like these