ਗੂਜਰੀ ਮਹਲਾ ੫ ਤਿਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ ਨਾਮੁ ਨਿਧਾਨੁ ਸਤਿਗੁਰੂ ਦ੍ਰਿੜਾਇਆ ਬਿਨਸਿ ਨ ਆਵੈ ਜਾਈ ॥੧॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ ਦਇਆਲ ਪ੍ਰਭ ਮੇਰੇ ਸਾਧਸੰਗਤਿ ਮਿਲਿ ਛੂਟੇ ॥੧॥ ਰਹਾਉ ॥ ਆਠ ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹੁ ਮਾਹਿ ਨਿਰਾਲਾ ਕਰਣੈਹਾਰੁ ਪਛਾਤਾ ॥੨॥ ਜਿਸ ਕਾ ਸਾ ਤਿਨ ਹੀ ਰਖਿ ਲੀਆ ਸਗਲ ਜੁਗਤਿ ਬਣਿ ਆਈ ॥ ਕਹੁ ਨਾਨਕ ਪ੍ਰਭ ਪੁਰਖ ਦਇਆਲਾ ਕੀਮਤਿ ਕਹਣੁ ਨ ਜਾਈ ॥੩॥੧॥੯॥ {ਪੰਨਾ 497-498}
ਅਰਥ: ਹੇ ਭਾਈ! ਮੇਰੇ ਪ੍ਰਭੂ ਜੀ ਜਿਸ ਮਨੁੱਖ ਉੱਤੇ ਕਿਰਪਾਲ ਹੁੰਦੇ ਹਨ, ਉਹ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਮਾਇਆ ਦੇ ਬੰਧਨਾਂ ਤੋਂ ਅਜ਼ਾਦ ਹੋ ਜਾਂਦਾ ਹੈ, ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਮਾਇਆ ਦੇ ਬੰਧਨ ਟੁੱਟ ਜਾਂਦੇ ਹਨ।1। ਰਹਾਉ।
ਹੇ ਭਾਈ! ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ) ਖ਼ਜ਼ਾਨਾ ਹਰਿ-ਨਾਮ ਪੱਕਾ ਕਰ ਦਿੱਤਾ, ਉਹ ਆਤਮਕ ਮੌਤ ਨਹੀਂ ਸਹੇੜਦਾ, ਉਹ ਨਾਹ (ਮੁੜ ਮੁੜ) ਜੰਮਦਾ ਹੈ ਨਾਹ ਮਰਦਾ ਹੈ, ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, ਉਸ ਦੇ ਅੰਦਰ ਸੁਖ ਆ ਨਿਵਾਸ ਕਰਦੇ ਹਨ, ਪਰਮਾਤਮਾ ਦਾ ਨਾਮ ਉਸ ਦੀ ਤ੍ਰਿਸ਼ਨਾ ਦੀ ਸੜਨ ਬੁਝਾ ਦੇਂਦਾ ਹੈ।1।
(ਹੇ ਭਾਈ! ਜਿਸ ਮਨੁੱਖ ਉੱਤੇ ਪ੍ਰ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ) ਪਰਮਾਤਮਾ ਦੀ ਭਗਤੀ ਤੇ ਪਿਆਰ ਦੇ ਸੁਆਦ ਵਿਚ ਮਸਤ ਹੋ ਕੇ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, (ਇਸ ਤਰ੍ਹਾਂ) ਉਹ ਖ਼ੁਸ਼ੀ ਤੇ ਗ਼ਮੀ ਦੋਹਾਂ ਤੋਂ ਨਿਰਲੇਪ ਰਹਿੰਦਾ ਹੈ, ਉਹ ਸਦਾ ਸਿਰਜਣਹਾਰ-ਪ੍ਰਭੂ ਨਾਲ ਸਾਂਝ ਪਾਈ ਰੱਖਦਾ ਹੈ।1।
(ਹੇ ਭਾਈ! ਪ੍ਰਭੂ! ਦੀ ਦਇਆ ਨਾਲ) ਜਿਹੜਾ ਮਨੁੱਖ ਉਸ ਪ੍ਰਭੂ ਦਾ ਹੀ ਸੇਵਕ ਬਣ ਜਾਂਦਾ ਹੈ, ਉਹ ਪ੍ਰਭੂ ਹੀ ਉਸ ਨੂੰ ਮਾਇਆ ਦੇ ਬੰਧਨਾਂ ਤੋਂ ਬਚਾ ਲੈਂਦਾ ਹੈ, ਉਸ ਮਨੁੱਖ ਦੀ ਸਾਰੀ ਜੀਵਨ-ਮਰਯਾਦਾ ਸੁਚੱਜੀ ਬਣ ਜਾਂਦੀ ਹੈ।
ਹੇ ਨਾਨਕ! ਆਖ– ਸਰਬ-ਵਿਆਪਕ ਪ੍ਰਭੂ ਜੀ (ਆਪਣੇ ਸੇਵਕ ਉਤੇ ਸਦਾ) ਦਇਆਵਾਨ ਰਹਿੰਦੇ ਹਨ। ਪ੍ਰਭੂ ਦੀ ਦਇਆਲਤਾ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ।3।1।9।
ਨੋਟ: ਸਿਰਲੇਖ ਵਿਚ ਲਿਖਿਆ ਹੈ ‘ਤਿਪਦੇ’ (ਤਿੰਨਾਂ ਬੰਦਾਂ ਵਾਲੇ ਸ਼ਬਦ = ਬਹੁ-ਵਚਨ)। ਪਰ ਇਥੇ ਸਿਰਫ਼ ਇਹੋ ਹੀ ‘ਤਿਪਤਾ’ ਦਰਜ ਹੈ।



